ਫਿਰੋਜ਼ਪੁਰ : ਕੋਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਵੱਡੇ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਮਾਸਕ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਪਰ ਇਸ ਦੇ ਬਾਵਜੂਦ ਵੀ ਲੋਕ ਮਾਸਕ ਤੋਂ ਬਿਨਾਂ ਘੁੰਮ ਰਹੇ ਹਨ। ਜਿਸ ਤੋਂ ਬਾਅਦ ਪ੍ਰਸ਼ਾਸਨ ਸਤਰਕ ਹੋ ਗਿਆ ਹੈ ਅਤੇ ਵੱਡੇ ਪੱਧਰ ‘ਤੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ। ਇਸ ਦੇ ਚਲਦਿਆਂ ਫਿਰੋਜ਼ਪੁਰ ‘ਚ ਪੁਲਿਸ ਪ੍ਰਸ਼ਾਸਨ ਚੱਪੇ ਚੱਪੇ ‘ਤੇ ਨਜਰ ਰੱਖ ਰਿਹਾ ਹੈ ਅਤੇ ਬਿਨਾਂ ਮਾਸਕ ਘੁੰਮਣ ਵਾਲਿਆਂ ਦੇ ਲਗਾਤਾਰ ਚਲਾਨ ਕੱਟੇ ਜਾ ਰਹੇ ਹਨ । ਇਸ ਬਾਰੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਪੁਲਿਸ ਇੰਚਾਰਜ ਅਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਵੱਡੇ ਪੱਧਰ ‘ਤੇ ਕੋਰੋਨਾ ਮਹਾਮਾਰੀ ਕਾਰਨ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਹਾਮਾਰੀ ਨੂੰ ਪੰਜ ਮਹੀਨੇ ਹੋ ਗਏ ਹਨ ਅਤੇ ਉਦੋਂ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਲੋਕ ਸਮਝ ਨਹੀਂ ਰਹੇ। ਉਨ੍ਹਾਂ ਦੱਸਿਆ ਕਿ ਉਹ ਆਪਣੇ ਕੋਲੋਂ ਮਾਸਕ ਵੀ ਵੰਡ ਰਹੇ ਹਨ।
ਇਸ ਦੇ ਨਾਲ ਜਦੋਂ ਇਸ ਬਾਰੇ ਸਥਾਨਕ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮਾਸਕ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿਉਂਕਿ ਕੋਰੋਨਾ ਹੈ ਜਾਂ ਨਹੀਂ ਇਸ ਦਾ ਤਾਂ ਪਤਾ ਨਹੀਂ ਪਰ ਇੰਨਾ ਜਰੂਰ ਹੈ ਕਿ ਇਸ ਨਾਲ ਹੋਰ ਵੀ ਬਹੁਤ ਸਾਰੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲੇਗਾ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹੋਵੇਗੀ ਤਾਂ ਬਹੁਤ ਜਲਦ ਮਹਾਮਾਰੀ ਤੋਂ ਛੁਟਕਾਰਾ ਪਾਇਆ ਜਾ ਸਕੇਗਾ।